ਬਿਕਰਮ ਮਜੀਠੀਆ ਦੀ ਪ੍ਰਧਾਨ ਮੰਤਰੀ ਨੂੰ ਅਪੀਲ, ਕਿਸਾਨਾਂ ਦੀਆਂ ਮੰਗਾਂ ਨੂੰ ਯਕੀਨੀ ਬਣਾਇਆ ਜਾਵੇ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਯਕੀਨੀ ਬਣਾਉਣ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਹੋਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਨੇ ਭਾਜਪਾ ਲੀਡਰਸ਼ਿਪ ਦੇ ਦਖਲ ਦੀ ਵੀ ਮੰਗ ਕੀਤੀ ਤੇ ਜਗਜੀਤ ਸਿੰਘ ਡੱਲੇਵਾਲ ਦੇ ਜ਼ਿੰਦਗੀ ਬਚਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਡੱਲੇਵਾਲ ਸਾਹਿਬ ਦਾ ਕਤਲ ਤੁਹਾਡੇ ਹੱਥਾਂ ’ਤੇ ਲਿਖਿਆ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ‌ ਕਿ ਉਚ ਅਹੁਦਿਆਂ ’ਤੇ ਬੈਠਣ ਵਾਲਿਆਂ ਨੂੰ ਨੂੰ ਅੰਨਦਾਤਾ ਦੀ ਜਾਨ ਦੀ ਕੀਮਤ ਸਮਝ ਆਉਣੀ ਚਾਹੀਦੀ ਹੈ ਜਿਸਨੇ ਇਸ ਮੁਲਕ ਨੂੰ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਉਹੀ ਅੰਨਦਾਤਾ ਨੂੰ ਮਰਨ ਵਰਤ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਅਣਜਾਣ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐੱਮ.ਐੱਸ. ਪੀ. ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਵਾਸਤੇ ਨਿਆਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਦਾ ਵਾਜਬ ਭਾਅ ਦੁਆਉਣ ਸਮੇਤ ਹੋਰ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿਚ ਇਸ ਗੱਲ ਦਾ ਗੁੱਸਾ ਹੈ ਕਿ ਸਰਕਾਰ ਵਪਾਰੀਆਂ ਦਾ ਤਾਂ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ ਕਰ ਰਹੀ ਹੈ ਪਰ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ ਲਈ ਤਿਆਰ ਨਹੀਂ ਹੈ।ਅਕਾਲੀ ਆਗੂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਕਿਸਾਨਾਂ ਨੂੰ ਦਿੱਲੀ ਜਾ ਕੇ ਉਹਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਪੇਸ਼ ਕਰਨ ਦੀ ਆਗਿਆ ਨਾ ਦੇਣ ਦੀ ਵੀ ਨਿਖੇਧੀ ਕੀਤੀ।

Leave a Reply

Your email address will not be published. Required fields are marked *