ਗਣਤੰਤਰ ਦਿਵਸ ਮੌਕੇ DGP ਦੀ ਜਲੰਧਰ ‘ਚ ਅਹਿਮ ਮੀਟਿੰਗ, ਸੁਰੱਖਿਆ ਲਈ ਨਵੇਂ ਨਿਰਦੇਸ਼ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਗੌਰਵ ਯਾਦਵ ਨੇ ਸੂਬੇ ਭਰ ਦੇ ਕਈ ਸ਼ਹਿਰਾਂ ਦਾ ਦੌਰਾ ਕੀਤਾ। ਇਸ ਦੌਰਾਨ ਸੁਰੱਖਿਆ ਵਧਾਉਣ,ਪੁਲਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਡੀ.ਜੀ.ਪੀ. ਨੇ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐੱਨ. ਢੋਕੇ, ਏ.ਡੀ.ਜੀ.ਪੀ. ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਨੀਲਾਭ ਕਿਸ਼ੋਰ ਅਤੇ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਦੇ ਨਾਲ ਅੰਮ੍ਰਿਤਸਰ ਅਤੇ ਜਲੰਧਰ ਪਹੁੰਚ ਕੇ ਕਮਿਸ਼ਨਰੇਟ – ਅੰਮ੍ਰਿਤਸਰ ਅਤੇ ਜਲੰਧਰ, ਅਤੇ ਪੁਲਸ ਰੇਂਜ – ਸਰਹੱਦ, ਜਲੰਧਰ ਅਤੇ ਲੁਧਿਆਣਾ ਦੇ ਅਧਿਕਾਰੀਆਂ ਨਾਲ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਚੱਲ ਰਹੇ ਅੱਤਵਾਦ ਵਿਰੋਧੀ ਕਾਰਜਾਂ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਵੀ ਸਮੀਖਿਆ ਕੀਤੀ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ਉੱਤੇ ਪੁਲਸ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ। ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪ੍ਰੇਸ਼ਨਾਂ ਨੂੰ ਤੇਜ਼ ਕਰਨ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਵਾਂ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਵਧੀ ਹੋਈ ਸੁਰੱਖਿਆ ਦੇ ਹਿੱਸੇ ਵਜੋਂ, ਪੁਲਸ ਕਰਮੀ ਨਿਯਮਤ ਗਸ਼ਤ ਅਤੇ ਜਾਂਚ ਕਰਨਗੇ ਤਾਂ ਜੋ ਖ਼ਾਸ ਕਰਕੇ ਰਾਤ ਨੂੰ, ਕਿਸੇ ਵੀ ਸੰਭਾਵੀ ਖਤਰੇ ਜਾਂ ਰੁਕਾਵਟ ਨੂੰ ਠੱਲਿ੍ਹਆ ਜਾ ਸਕੇ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਾਈਟ ਡੋਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਸਰਹੱਦੀ ਜ਼ਿਲ੍ਹਿਆਂ ਸਮੇਤ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਸ ਬਲਾਂ ਦੀ ਤਾਇਨਾਤੀ ਵੀ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸੀ.ਪੀ./ਐੱਸ.ਐੱਸ.ਪੀ. ਨੂੰ ਸ਼ੱਕੀ ਗਤੀਵਿਧੀਆਂ ਅਤੇ ਵਿਅਕਤੀਆਂ ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੀ ਸੁਰੱਖਿਆ ਦੀ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ।

ਡੀ.ਜੀ.ਪੀ. ਨੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪੁਲਸ ਨਾਕਿਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਨਾਕੇ ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਨਿਆਂ ਦਾ ਸਾਹਮਣਾ ਕਰਨ ਲਈ ਵਾਪਸ ਲਿਆਉਣ ਲਈ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.), ਰੈੱਡ ਕਾਰਨਰ ਨੋਟਿਸ (ਆਰ.ਸੀ.ਐੱਨ.), ਓਪਨ ਗ੍ਰਿਫਤਾਰੀ ਵਾਰੰਟ, ਬਲਿਊ ਕਾਰਨਰ ਨੋਟਿਸ (ਬੀ.ਸੀ.ਐੱਨ.) ਅਤੇ ਹਵਾਲਗੀ ਪ੍ਰਸਤਾਵ ਜਾਰੀ ਕਰਨ ਉੱਤੇ ਵੀ ਜ਼ੋਰ ਦਿੱਤਾ।

Leave a Reply

Your email address will not be published. Required fields are marked *