ਅੰਮ੍ਰਿਤਸਰ : ਬੀਤੇ ਦਿਨ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ‘ਤੇ ਇਕ ਸ਼ਰਾਰਤੀ ਅਨਸਰ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੇ ਦਿਨ-ਦਿਹਾੜੇ ਅੰਮ੍ਰਿਤਸਰ ਦੀ ਟਾਊਨ ਹਾਲ ਸਥਿਤ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਘਟਨਾ ਮਗਰੋਂ ਐੱਸ.ਸੀ. ਭਾਈਚਾਰੇ ‘ਚ ਕਾਫ਼ੀ ਰੋਸ ਦੇਖਿਆ ਜਾ ਰਿਹਾ ਹੈ ਤੇ ਇਸੇ ਕਾਰਨ ਬੀਤੇ ਦਿਨੀਂ ਅੰਮ੍ਰਿਤਸਰ ‘ਚ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਦਕਿ ਅੱਜ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ‘ਚ ਵੀ ਬੰਦ ਦੀ ਕਾਲ ਕੀਤੀ ਗਈ ਹੈ। ਇਸ ਮਾਮਲੇ ‘ਚ ਅੰਮ੍ਰਿਤਸਰ ਪੁਲਸ ਨੇ ਮਾਹੌਲ ਸ਼ਾਂਤ ਕਰਵਾਉਣ ਲਈ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਹਾਜ਼ਰੀ ‘ਚ ਐੱਸ.ਸੀ. ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੀਤੇ ਦਿਨ ਵਾਪਰੀ ਘਟਨਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ‘ਐਕਸ’ ‘ਤੇ ਇਕ ਪੋਸਟ ਸਾਂਝੀ ਕਰ ਲਿਖਿਆ, ”ਇੱਕ ਸ਼ਰਾਰਤੀ ਅਨਸਰ ਵੱਲੋਂ ਟਾਊਨ ਹਾਲ ਵਿਖੇ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੇ ਅਨੁਸੂਚਿਤ ਜਾਤੀ ਦੇ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਈਚਾਰੇ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਅੰਮ੍ਰਿਤਸਰ ਪੁਲਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।” ਜ਼ਿਕਰਯੋਗ ਹੈ ਕਿ ਬੀਤੇ ਦਿਨ ਪੂਰੇ ਦੇਸ਼ ‘ਚ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਗਿਆ, ਉੱਥੇ ਹੀ ਅੰਮ੍ਰਿਤਸਰ ਦੇ ਟਾਊਨ ਹਾਲ ਸਥਿਤ ਬਾਬਾ ਸਾਹਿਬ ਦੀ ਮੂਰਤੀ ਨੂੰ ਤੋੜਨ ਦੀ ਨੀਅਤ ਨਾਲ ਇਕ ਨੌਜਵਾਨ ਹਥੌੜਾ ਲੈ ਕੇ ਚੜ੍ਹ ਗਿਆ, ਜਿਸ ਨੂੰ ਬਾਅਦ ‘ਚ ਪੁਲਸ ਨੇ ਕਾਬੂ ਕਰ ਲਿਆ, ਜਿਸ ਦੀ ਪਛਾਣ ਅਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ।







Leave a Reply